ਰੂਪਨਗਰ: ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ‘ਚ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
8.50 ਕਰੋੜ ਦੀ ਲਾਗਤ ਨਾਲ ਚੱਲ ਰਹੇ ਕੰਮ 30 ਜੂਨ ਤੱਕ ਮੁਕੰਮਲ ਕਰਨ ਦਾ ਟੀਚਾ

ਰੂਪਨਗਰ: ਡਿਪਟੀ ਕਮਿਸ਼ਨਰ ਨੇ ਦਾਊਦਪੁਰ ਅਤੇ ਫੱਸੇ ਬੰਨਾ ‘ਚ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
8.50 ਕਰੋੜ ਦੀ ਲਾਗਤ ਨਾਲ ਚੱਲ ਰਹੇ ਕੰਮ 30 ਜੂਨ ਤੱਕ ਮੁਕੰਮਲ ਕਰਨ ਦਾ ਟੀਚਾ

ਰੂਪਨਗਰ: ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਦਾਊਦਪੁਰ ਅਤੇ ਫੱਸੇ ਬੰਨਾ ‘ਚ ਹੜ੍ਹਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਸਤਲੁੱਜ ਦਰਿਆ ਦੇ ਕਿਨਾਰੇ ਕਈ ਖੇਤਰਾਂ ‘ਚ ਹੜ੍ਹਾਂ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਲਈ ਇਸ ਵਾਰ ਬਰਸਾਤੀ ਮੌਸਮ ਤੋਂ ਪਹਿਲਾਂ ਹੀ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ ਅਤੇ ਲੋਕਾਂ ਦਾ ਨੁਕਸਾਨ ਨਾ ਹੋਵੇ।ਉਨ੍ਹਾਂ ਦੱਸਿਆ ਕਿ ਪਿੰਡ ਦਾਊਦਪੁਰ ‘ਚ 2 ਸਪਰਾਂ ਅਤੇ 850 ਫੁੱਟ ਰਿਵੈਟਮੈਂਟ ਦਾ ਕੰਮ ਜਾਰੀ ਹੈ, ਜਦਕਿ ਪਿੰਡ ਫੱਸੇ ‘ਚ 3 ਸਪਰਾਂ ਅਤੇ 2300 ਫੁੱਟ ਰਿਵੈਟਮੈਂਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਲਗਭਗ 8.50 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਇਹ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਹੜ੍ਹ ਰੋਕੂ ਕੰਮ ਲਗਭਗ ਮੁਕੰਮਲ ਹੋ ਚੁੱਕੇ ਹਨ ਅਤੇ ਸਬੰਧਤ ਵਿਭਾਗ ਨੂੰ ਬਾਕੀ ਕੰਮ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹੇ ਦੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਵੀ ਦਰਿਆਵਾਂ ਅਤੇ ਚੋਆਂ ਦੀ ਡੀ-ਸਿਲਟਿੰਗ, ਰਿਵੈਟਮੈਂਟ, ਸਫਾਈ ਅਤੇ ਹੋਰ ਹੜ੍ਹ ਰੋਕੂ ਕੰਮ ਤੇਜ਼ੀ ਨਾਲ ਚੱਲ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਹਰ ਪੱਖੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਵਿਭਾਗਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।ਇਸ ਮੌਕੇ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਬੈਂਸ ਅਤੇ ਡਰੇਨੇਜ ਉਪ ਮੰਡਲ ਸ੍ਰੀ ਚਮਕੌਰ ਸਾਹਿਬ ਦੇ ਐਸ.ਡੀ.ਓ. ਨਿਸ਼ਾਂਤ ਗਰਗ ਵੀ ਮੌਜੂਦ ਸਨ।




