ਗੁਰੀ ਗਿੱਲ ਨੇ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਨਿਖੇਧੀ ਕੀਤੀ
ਕਿਹਾ - ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ

ਗੁਰੀ ਗਿੱਲ ਨੇ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਨਿਖੇਧੀ ਕੀਤੀ
ਕਿਹਾ – ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਗੁਰਪ੍ਰਤਾਪ ਸਿੰਘ ਗਿੱਲ ਨੇ ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਲਾਈਨਮੈਨਾਂ ‘ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ।ਗਿੱਲ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਸਖ਼ਤ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰੀ ਪ੍ਰਣਾਲੀ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਸੀ, ਨਾ ਕਿ ਤਾਕਤ ਦੀ ਵਰਤੋਂ ਕਰਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਸੀ।ਉਨ੍ਹਾਂ ਸਵਾਲ ਉਠਾਇਆ ਕਿ ਕੀ ਇਹ ਹੀ ਪੰਜਾਬ ਸਰਕਾਰ ਦਾ “ਰੰਗਲਾ ਪੰਜਾਬ” ਹੈ, ਜਿਸ ਨੂੰ ਸਰਕਾਰ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਦੇ ਖੂਨ ਨਾਲ ਰੰਗਣ ਦੀ ਕੋਸ਼ਿਸ਼ ਕਰ ਰਹੀ ਹੈ। ਗਿੱਲ ਨੇ ਕਿਹਾ ਕਿ ਇਹ ਘਟਨਾ ਸਰਕਾਰ ਦੇ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਰਵੱਈਏ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।ਗਿੱਲ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਘਟਨਾ ਦੀ ਜ਼ਿੰਮੇਵਾਰੀ ਸਵੀਕਾਰ ਕਰੇ, ਜ਼ਖ਼ਮੀ ਲਾਈਨਮੈਨਾਂ ਨੂੰ ਮੁਆਵਜ਼ਾ ਅਤੇ ਇਨਸਾਫ਼ ਦੇਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਮਸਲੇ ਦਾ ਸਥਾਈ ਹੱਲ ਕੱਢੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਉਹ ਖੁਦ ਲਾਈਨਮੈਨ ਭਰਾਵਾਂ ਦੇ ਹੱਕੀ ਸੰਘਰਸ਼ ਨਾਲ ਡਟ ਕੇ ਖੜ੍ਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰਦੇ ਰਹਿਣਗੇ।




