ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਦਾ ਮੁੱਖ ਕਾਰਨ
ਮੁੱਖ ਮੰਤਰੀ ਭਗਵੰਤ ਮਾਨ ਖੁਦ - ਐਡਵੋਕੇਟ ਅਮਰਿੰਦਰਪ੍ਰੀਤ ਬਾਵਾ
ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਦਾ ਮੁੱਖ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਖੁਦ – ਐਡਵੋਕੇਟ ਅਮਰਿੰਦਰਪ੍ਰੀਤ ਬਾਵਾ

ਰੂਪਨਗਰ -11 ਜੂਨ (ਅਸਲ ਪੰਜਾਬ ਦੀ ਆਵਾਜ਼) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਾਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਿੰਦਰਪ੍ਰੀਤ ਸਿੰਘ ਬਾਵਾ ਨੇ ਕਿਹਾ ਕਿ ਸੂਬੇ ਭਰ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਦਾ ਮੁੱਖ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਨ। ਐਡਵੋਕੇਟ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਕੋਈ ਵਿਜ਼ਨ ਨਹੀਂ ਹੈ। ਜਿਸ ਕਾਰਨ ਮੁਲਾਜ਼ਮ ਜਥੇਬੰਦੀਆਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਕੋਈ ਏਜੰਡਾ ਤਿਆਰ ਨਹੀਂ ਕਰ ਸਕੇ ਹਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਨੂੰ ਯਾਦ ਹੋਣਾ ਚਾਹੀਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮੌਕੇ ਸਿਵਲ ਸਕੱਤਰਤ ਚੰਡੀਗੜ੍ਹ ਵਿਖੇ ਪਹੁੰਚੇ ਸਨ ਤਾਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਫੁੱਲਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ ਸੀ ਅਤੇ ਮੁਲਾਜ਼ਮਾਂ ਵਿੱਚ ਇੰਨਾਂ ਉਤਸ਼ਾਹ ਸੀ ਕਿ ਸਿਵਲ ਸਕੱਤਰੇਤ ਦੀ ਹਰ ਮੰਜ਼ਿਲ ਉੱਤੇ ਮੁਲਾਜ਼ਮ ਹੀ ਖੜ੍ਹੇ ਨਜ਼ਰ ਆ ਰਹੇ ਸਨ। ਮੁਲਾਜ਼ਮਾਂ ਨੂੰ ਵੱਡੀ ਉਮੀਦ ਸੀ ਕਿ ਆਮ ਘਰਾਂ ਤੋਂ ਹੀ ਉੱਠਿਆ ਆਗੂ ਉਨ੍ਹਾਂ ਦੀਆਂ ਮੰਗਾਂ ਨੂੰ ਜ਼ਰੂਰ ਹੱਲ ਕਰੇਗਾ ਪਰ ਹੋਇਆ ਇਸ ਦੇ ਉਲਟ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਮੁਲਾਜ਼ਮ ਵਰਗ ਨੂੰ ਹੀ ਭੁਲਾ ਦਿੱਤਾ। ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਆਪਣੇ ਹੱਕਾਂ ਲਈ ਸੜਕਾਂ ਉੱਤੇ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਦਾ ਦਿਲ ਦੁਖਾਇਆ ਹੈ ਅਤੇ ਉਹ ਸਿਰਫ ਦਿੱਲੀ ਤੋਂ ਆਏ ਖ਼ਾਸ ਲੋਕਾਂ ਦੇ ਹੱਥਾਂ ਵਿੱਚ ਹੀ ਖੇਡ ਰਹੇ ਹਨ। ਜਿਸ ਨੂੰ ਪੰਜਾਬ ਦਾ ਕੋਈ ਵੀ ਵਰਗ ਬਰਦਾਸ਼ਤ ਨਹੀਂ ਕਰ ਸਕਦਾ। ਐਡਵੋਕੇਟ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰਵੱਈਆ ਮੁਲਾਜ਼ਮਾ ਪ੍ਰਤੀ ਬੇਹੱਦ ਨਿਰਾਸ਼ਾਜਨਕ ਰਿਹਾ ਹੈ ਅਤੇ ਹੱਕਾਂ ਲਈ ਸੰਘਰਸ਼ ਕਰਦੇ ਮੁਲਾਜ਼ਮਾਂ ਉੱਤੇ ਲਾਠੀਚਾਰਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰਾਰੀ ਹਾਰ ਦਾ ਮਨ ਬਣਾ ਲਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸੁਪੜਾ ਸਾਫ ਹੋ ਜਾਵੇਗਾ।




