ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ਦਾ ਪਟਕਾ ਪਾ ਕੇ ਕਰਵਾਈ ਸ਼ਮੂਲੀਅਤ

ਰੂਪਨਗਰ, 28 ਜੁਲਾਈ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਰੂਪਨਗਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਰੂਪਨਗਰ ਦੇ ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਨੌਜਵਾਨ ਆਗੂ ਕਮਲਜੀਤ ਸਿੰਘ ਨੇ ਭਾਜਪਾ ਦਾ ਪੱਲਾ ਫੜ ਲਿਆ।
ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਮਲਜੀਤ ਸਿੰਘ ਦੀ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕਰਵਾਈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਾਜਪਾ ਦਾ ਪਟਕਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਨਵੇਂ ਰਾਜਨੀਤਿਕ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ, ਰਾਸ਼ਟਰਵਾਦੀ ਸੋਚ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਲਜੀਤ ਸਿੰਘ ਵਰਗੇ ਸਮਾਜ ਸੇਵਾ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਲਾਲਪੁਰਾ ਨੇ ਕਿਹਾ ਕਿ ਭਾਜਪਾ ਨਾਲ ਜੁੜਨ ਵਾਲੇ ਹਰ ਵਿਅਕਤੀ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਰੂਪਨਗਰ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਲੋਕ ਸੇਵਾ ਦਾ ਮੌਕਾ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਰਹੀ ਹੈ।
ਨਵੇਂ ਮੈਂਬਰ ਬਣੇ ਕਮਲਜੀਤ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਮੁਖੀ ਸੋਚ ਅਤੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਲੋਕਾਂ ਦੀ ਸੇਵਾ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਮੌਜੂਦ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕਮਲਜੀਤ ਸਿੰਘ ਦਾ ਭਾਜਪਾ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਰਾਜਨੀਤਿਕ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।