ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਆਪਣੀ ਸੁਰਮਈ ਆਵਾਜ਼ ਨਾਲ ਭਗਵਾਨ ਸ਼ਿਵ ਦੀ ਮਹਿਮਾ ਦਾ ਕਰਨਗੇ ਗੁਣਗਾਨ
ਧਾਰਮਿਕ ਸਮਾਗਮ ਉਪਰੰਤ ਸਰਕਾਰੀ ਕਾਲਜ ਦਾ ਖੇਡ ਮੈਦਾਨ ਪਹਿਲਾਂ ਨਾਲੋਂ ਵੀ ਬਿਹਤਰ ਹਾਲਤ ਵਿੱਚ ਕੀਤਾ ਜਾਵੇਗਾ

ਰੂਪਨਗਰ, 28 ਜੁਲਾਈ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 29 ਜੁਲਾਈ 2026 (ਬੁੱਧਵਾਰ) ਨੂੰ ਸ਼ਾਮ 6:00 ਵਜੇ ਤੋਂ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਸਿਰਲੇਖ ਹੇਠ ਵਿਸ਼ਾਲ ਭਗਤੀਮਈ ਸੰਧਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਭਗਤੀਮਈ ਸਮਾਗਮ ਸ਼ਰਧਾਲੂਆਂ ਨੂੰ ਆਧਿਆਤਮਿਕ ਸ਼ਾਂਤੀ, ਭਾਰਤੀ ਸੱਭਿਆਚਾਰਕ ਵਿਰਾਸਤ ਅਤੇ ਭਗਤੀ ਭਾਵਨਾ ਨਾਲ ਜੋੜਨ ਦਾ ਇੱਕ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ, ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਭਗਤੀਮਈ ਸੰਧਿਆ ਦਾ ਮੁੱਖ ਆਕਰਸ਼ਣ ਦੇਸ਼-ਵਿਦੇਸ਼ ਵਿੱਚ ਆਪਣੇ ਸ਼ਿਵ ਭਜਨਾਂ ਰਾਹੀਂ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਹੋਣਗੇ। ਉਹ ਆਪਣੀ ਸੁਰਮਈ ਅਤੇ ਮਨਮੋਹਕ ਆਵਾਜ਼ ਨਾਲ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤਾਂ ਨੂੰ ਭਗਤੀ ਰਸ ਵਿੱਚ ਲੀਨ ਕਰ ਦੇਣਗੇ। ਉਨ੍ਹਾਂ ਦੇ ਲੋਕਪ੍ਰਿਯ ਸ਼ਿਵ ਭਜਨ ਹਰ ਵਰਗ, ਖ਼ਾਸ ਕਰਕੇ ਨੌਜਵਾਨਾਂ ਵਿੱਚ ਬੇਹੱਦ ਮਕਬੂਲ ਹਨ ਅਤੇ ਉਨ੍ਹਾਂ ਦੀ ਪੇਸ਼ਕਾਰੀ ਇਸ ਭਗਤੀਮਈ ਸੰਧਿਆ ਨੂੰ ਇੱਕ ਅਦੁੱਤੀ ਆਧਿਆਤਮਿਕ ਅਨੁਭਵ ਵਿੱਚ ਬਦਲ ਦੇਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਧਾਰਮਿਕ ਪ੍ਰੋਗਰਾਮ ਦੀ ਸਮਾਪਤੀ ਉਪਰੰਤ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਨੂੰ ਪਹਿਲਾਂ ਨਾਲੋਂ ਵੀ ਬਿਹਤਰ ਹਾਲਤ ਵਿੱਚ ਵਿਕਸਤ ਅਤੇ ਬਹਾਲ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੈਦਾਨ ਦੀ ਸੰਭਾਲ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਗਲਤ ਪ੍ਰਚਾਰ ਤੋਂ ਬਚਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਵਿਧਾਜਨਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਤਾਂ ਜੋ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਅਜਿਹੇ ਆਧਿਆਤਮਿਕ ਸਮਾਗਮ ਨਾ ਸਿਰਫ਼ ਮਨ ਨੂੰ ਸ਼ਾਂਤੀ ਅਤੇ ਆਤਮਿਕ ਸਕੂਨ ਪ੍ਰਦਾਨ ਕਰਦੇ ਹਨ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦੇ ਹਨ।
ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਭਗਤੀਮਈ ਸੰਧਿਆ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਭਰਪੂਰ ਸਹਿਯੋਗ ਦੇਣ।