ਨਸ਼ਾ ਮੁਕਤ ਨੌਜਵਾਨ ਹੀ ਵਿਕਸਿਤ ਭਾਰਤ ਦੀ ਸਭ ਤੋਂ ਵੱਡੀ ਤਾਕਤ- ਇਕਬਾਲ ਸਿੰਘ ਲਾਲਪੁਰਾ
ਜ਼ਿਲ੍ਹਾ ਪੱਧਰੀ ਨਸ਼ਾ ਮੁਕਤ ਯੂਥ ਫਾਰ ਵਿਕਸਿਤ ਭਾਰਤ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
250 ਤੋਂ ਵੱਧ ਨੌਜਵਾਨਾਂ ਨੂੰ ਚੁਕਵਾਈ ਨਸ਼ਾ ਮੁਕਤੀ ਦੀ ਸਹੁੰ

ਰੂਪਨਗਰ, 29 ਜੁਲਾਈ
ਭਾਜਪਾ ਸੰਸਦੀ ਬੋਰਡ ਦੇ ਮੈਂਬਰ ਸ੍ਰੀ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਡੀ.ਏ.ਵੀ. ਸਕੂਲ, ਰੂਪਨਗਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ 2047” ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋਗਰਾਮ ਪ੍ਰਬੰਧਕ ਮਾਈ ਭਾਰਤ ਟੀਮ ਦੇ ਮੁਖੀ ਆਸ਼ੀਸ਼ ਪਾਲ, ਸਾਹਿਲ ਕੁਮਾਰ ਤੇ ਸਕੂਲ ਪ੍ਰਬੰਧਕਾਂ ਸ੍ਰੀਮਤੀ ਸੰਗੀਤਾ ਸ਼ਰਮਾ, ਯੋਗੇਸ਼ ਮੋਹਨ ਪੰਕਜ ਨੇ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਦੇਸ਼-ਵਿਆਪੀ ਨਸ਼ਾ ਮੁਕਤੀ ਮੁਹਿੰਮ ਤਹਿਤ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 250 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਚੁੱਕੀ। ਸਮਾਗਮ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਰਤ ਨੂੰ ਸਾਲ 2047 ਤੱਕ ਵਿਕਸਿਤ ਰਾਸ਼ਟਰ ਬਣਾਉਣ ਦਾ ਸੁਪਨਾ ਤਦ ਹੀ ਸਾਕਾਰ ਹੋ ਸਕਦਾ ਹੈ ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿ ਕੇ ਆਪਣੀ ਊਰਜਾ ਸਿੱਖਿਆ, ਹੁਨਰ, ਖੇਡਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਲਗਾਏਗੀ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਇੱਕ ਵਿਅਕਤੀ ਦੀ ਸਿਹਤ ਨੂੰ ਬਰਬਾਦ ਕਰਦਾ ਹੈ, ਸਗੋਂ ਪਰਿਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਵੀ ਗੰਭੀਰ ਚੁਣੌਤੀ ਬਣ ਜਾਂਦਾ ਹੈ। ਲਾਲਪੁਰਾ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਿਯਮਿਤ ਕਸਰਤ ਕਰਨ, ਖੇਡਾਂ ਵਿੱਚ ਭਾਗ ਲੈਣ ਅਤੇ ਮਾਨਸਿਕ ਤੇ ਸਰੀਰਕ ਤੰਦਰੁਸਤੀ ਨੂੰ ਆਪਣੀ ਪਹਿਲ ਬਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਮਜ਼ਬੂਤ ਪਰਿਵਾਰ, ਮਜ਼ਬੂਤ ਸਮਾਜ ਅਤੇ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਆਪਣੇ ਦੋਸਤਾਂ ਨੂੰ ਵੀ ਇਸ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਿਵਾਰ, ਅਧਿਆਪਕ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਮਿਲ ਕੇ ਹੀ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਲੜਾਈ ਲੜ ਸਕਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅੱਜ ਦੇ ਨੌਜਵਾਨ ਜੇਕਰ ਦ੍ਰਿੜ੍ਹ ਸੰਕਲਪ ਨਾਲ ਨਸ਼ਿਆਂ ਨੂੰ “ਨਾ” ਕਹਿਣ, ਤਾਂ ਪੰਜਾਬ ਮੁੜ ਤੰਦਰੁਸਤ, ਖੁਸ਼ਹਾਲ ਅਤੇ ਤਰੱਕੀਸ਼ੀਲ ਸੂਬਾ ਬਣ ਸਕਦਾ ਹੈ। ਇਸ ਮੌਕੇ ਪ੍ਰੋਗਰਾਮ ਵਿੱਚ ਮੌਜੂਦ 250 ਤੋਂ ਵੱਧ ਨੌਜਵਾਨਾਂ ਨੇ ਨਸ਼ਾ ਮੁਕਤੀ ਦੀ ਸਹੁੰ ਚੁੱਕਦਿਆਂ ਆਪਣੇ ਜੀਵਨ ਵਿੱਚ ਕਦੇ ਵੀ ਨਸ਼ਿਆਂ ਦਾ ਸਹਾਰਾ ਨਾ ਲੈਣ ਅਤੇ ਸਮਾਜ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਿੱਤੇ “ਵਿਕਸਿਤ ਭਾਰਤ 2047” ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ, ਸਿਹਤਮੰਦ, ਅਨੁਸ਼ਾਸਿਤ ਅਤੇ ਜਾਗਰੂਕ ਨੌਜਵਾਨ ਹੀ ਨਵੇਂ ਭਾਰਤ ਦੀ ਅਸਲ ਤਾਕਤ ਹਨ ਅਤੇ ਹਰ ਨੌਜਵਾਨ ਨੂੰ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦੇ ਉੱਜਵਲ ਭਵਿੱਖ ਲਈ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ, ਸੇਵਾਮੁਕਤ ਡੀਈਓ ਜਗਜੀਤ ਸਿੰਘ, ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ, ਅਸ਼ਵਿਨੀ ਕੁਮਾਰ, ਸ੍ਰੀ ਰਾਕੇਸ਼ ਆਦਿ ਮੌਜੂਦ ਸਨ।