
1 ਅਗਸਤ ਤੋਂ 40 ਲੱਖ ਔਰਤਾਂ ਨੂੰ ਸਨਮਾਨ ਰਾਸ਼ੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਦੱਸਿਆ ਸੂਬੇ ਦੀ ਸਭ ਤੋਂ ਵੱਡੀ ਤਾਕਤ
ਰੂਪਨਗਰ, 30 ਜੁਲਾਈ () ਰੂਪਨਗਰ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਕਰਵਾਈ ਗਈ ਰਾਜ ਪੱਧਰੀ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ 1 ਅਗਸਤ ਤੋਂ 40 ਲੱਖ ਨਵੀਆਂ ਰਜਿਸਟਰਡ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਵਰਗ ਦੀਆਂ ਔਰਤਾਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 4,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦਾ ਪੈਸਾ ਲੋਕ ਭਲਾਈ ਲਈ ਖਰਚ ਕਰ ਰਹੀ ਹੈ, ਜਿਸ ਕਾਰਨ ਵਿਰੋਧੀ ਧਿਰ ਬੇਚੈਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।
ਭਜਨ ਸੰਧਿਆ ਦੌਰਾਨ ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਦੇ ਭਜਨ ਪੇਸ਼ ਕੀਤੇ, ਜਿਨ੍ਹਾਂ ਨਾਲ ਪੂਰਾ ਪੰਡਾਲ ਭਗਤੀ ਰੰਗ ਵਿੱਚ ਰੰਗਿਆ ਗਿਆ। ਮੁੱਖ ਮੰਤਰੀ ਨੇ ਵੀ ਸ਼ਰਧਾਲੂਆਂ ਨਾਲ ਮਿਲ ਕੇ ‘ਹਰ ਹਰ ਮਹਾਦੇਵ’ ਦੇ ਜੈਕਾਰੇ ਲਗਾਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਧਾਰਮਿਕ ਸਦਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਧਰਮ ਦੇ ਲੋਕ ਰਾਮ ਨੌਮੀ, ਗੁਰਪੁਰਬ, ਹਨੂਮਾਨ ਜੈਅੰਤੀ, ਈਦ, ਸ਼ਹੀਦੀ ਸਮਾਗਮ ਅਤੇ ਹੋਰ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ, ਇਸ ਲਈ ਨਫ਼ਰਤ ਦੇ ਬੀਜ ਇਸ ਧਰਤੀ ‘ਤੇ ਕਦੇ ਵੀ ਨਹੀਂ ਪੁੰਗਰ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਸਮਾਗਮਾਂ ਨੂੰ ਵਿਸ਼ਾਲ ਪੱਧਰ ‘ਤੇ ਮਨਾਉਣ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ ਹਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵੀ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕੀ ਤੀਰਥ ਸਥਲ, ਨੈਣਾ ਦੇਵੀ ਅਤੇ ਹੋਰ ਧਾਰਮਿਕ ਸਥਾਨਾਂ ਦੇ ਨਾਲ-ਨਾਲ ਹੁਣ ਹਰਿਦੁਆਰ, ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਦੇ ਦਰਸ਼ਨ ਵੀ ਮੁਫ਼ਤ ਕਰਵਾਏ ਜਾ ਰਹੇ ਹਨ।ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ-ਪਾਤ, ਧਰਮ ਅਤੇ ਫਿਰਕਾਪ੍ਰਸਤੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਮਿਲ ਕੇ ਨਸ਼ਾ-ਮੁਕਤ, ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਨ।

ਰਾਜ ਪੱਧਰੀ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਭਗਤੀ ਭਾਵਨਾ ਨਾਲ ਭਰਪੂਰ ਮਾਹੌਲ ਵਿੱਚ ਭਜਨਾਂ ਦਾ ਆਨੰਦ ਮਾਣਿਆ।