ਡਾ. ਜਸਵੀਰ ਸਿੰਘ, ਡਾ. ਜਗਪਿੰਦਰਪਾਲ ਸਿੰਘ ਅਤੇ ਨਵਦੀਪ ਸਿੰਘ ਦੀ ਨਾਮਜ਼ਦਗੀ ਨਾਲ ਕਾਲਜ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ

ਸ੍ਰੀ ਆਨੰਦਪੁਰ ਸਾਹਿਬ, 30 ਜੁਲਾਈ ()
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਗਠਿਤ ਯੁਵਕ ਭਲਾਈ ਕਾਰਜਪਾਲਕ ਕਮੇਟੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਲਜ ਦੇ ਗੁਰਮਤ ਸੰਗੀਤ ਅਤੇ ਸੰਗੀਤ ਵਿਭਾਗ ਦੇ ਮੁਖੀ ਡਾ. ਜਗਪਿੰਦਰਪਾਲ ਸਿੰਘ ਨੂੰ ਅਧਿਆਪਕ ਪ੍ਰਤੀਨਿਧੀ ਵਜੋਂ ਅਤੇ ਕਾਲਜ ਦੇ ਵਿਦਿਆਰਥੀ ਨਵਦੀਪ ਸਿੰਘ ਨੂੰ ਵਿਦਿਆਰਥੀ ਪ੍ਰਤੀਨਿਧੀ ਮੈਂਬਰ ਵਜੋਂ ਕਾਰਜਪਾਲਕ ਕਮੇਟੀ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮ ਇੰਦਰ ਸਿੰਘ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਨਾਮਜ਼ਦ ਮੈਂਬਰ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਕਲਾ, ਸਾਹਿਤ, ਸੱਭਿਆਚਾਰ ਅਤੇ ਰਚਨਾਤਮਕ ਗਤੀਵਿਧੀਆਂ ਨੂੰ ਨਵੀ ਦਿਸ਼ਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਲਾਨਾ ਯੁਵਕ ਭਲਾਈ ਪ੍ਰੋਗਰਾਮਾਂ ਦੀ ਯੋਜਨਾਬੰਦੀ ਅਤੇ ਮਹੱਤਵਪੂਰਨ ਫ਼ੈਸਲਿਆਂ ਵਿੱਚ ਇਨ੍ਹਾਂ ਮੈਂਬਰਾਂ ਦਾ ਤਜਰਬਾ ਵਿਭਾਗ ਲਈ ਲਾਹੇਵੰਦ ਸਾਬਤ ਹੋਵੇਗਾ।
ਖਾਲਸਾ ਕਾਲਜ ਦੇ ਤਿੰਨ ਨੁਮਾਇੰਦਿਆਂ ਨੂੰ ਇਸ ਵੱਕਾਰੀ ਕਮੇਟੀ ਵਿੱਚ ਸਥਾਨ ਮਿਲਣ ‘ਤੇ ਕਾਲਜ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸਾਹਿਤਕ, ਸੱਭਿਆਚਾਰਕ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਇਸ ਨੂੰ ਕਾਲਜ ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਕਰਾਰ ਦਿੱਤਾ ਹੈ।
ਗੌਰਤਲਬ ਹੈ ਕਿ ਡਾ. ਜਸਵੀਰ ਸਿੰਘ ਅਤੇ ਡਾ. ਜਗਪਿੰਦਰਪਾਲ ਸਿੰਘ ਲੰਬੇ ਸਮੇਂ ਤੋਂ ਉੱਚ ਸਿੱਖਿਆ, ਗੁਰਮਤਿ ਸੰਗੀਤ, ਸਾਹਿਤ ਅਤੇ ਸੱਭਿਆਚਾਰਕ ਸਰਗਰਮੀਆਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਯੂਨੀਵਰਸਿਟੀ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ। ਇਸੇ ਤਰ੍ਹਾਂ ਨਵਦੀਪ ਸਿੰਘ ਵੀ ਸੱਭਿਆਚਾਰਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਵਿੱਚ ਸ਼ੁਮਾਰ ਹਨ।
ਸਾਹਿਤਕ ਅਤੇ ਸੱਭਿਆਚਾਰਕ ਖੇਤਰ ਨਾਲ ਜੁੜੇ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਤਿੰਨਾਂ ਦੀ ਕਾਰਜਪਾਲਕ ਕਮੇਟੀ ਵਿੱਚ ਸ਼ਮੂਲੀਅਤ ਨਾਲ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ। ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੰਚਾਂ ‘ਤੇ ਪੇਸ਼ ਕਰਨ ਦੇ ਵਧੇਰੇ ਮੌਕੇ ਪ੍ਰਾਪਤ ਹੋਣਗੇ ਅਤੇ ਕਲਾ, ਸਾਹਿਤ ਤੇ ਸੱਭਿਆਚਾਰ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਨੂੰ ਵੀ ਉਤਸ਼ਾਹ ਮਿਲੇਗਾ।