ਵੱਖਰੇ ਮਾਮਲੇ ਵਿੱਚ ਦੋ ਵਿਅਕਤੀਆਂ ਕਾਬੂ, 7 ਨਾਜਾਇਜ਼ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ

ਰੂਪਨਗਰ, 31 ਜੁਲਾਈ: ਰੂਪਨਗਰ ਪੁਲਿਸ ਨੇ ਨੰਗਲ ਖੇਤਰ ਵਿੱਚ ਐਸ.ਵਾਈ.ਐਲ. ਨਹਿਰ ਵਿੱਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਦੇ ਮਾਮਲੇ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 7 ਨਾਜਾਇਜ਼ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪ੍ਰੈਸ ਕਾਨਫਰੰਸ ਦੌਰਾਨ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਪਿੰਡ ਪੱਟੀ (ਨੰਗਲ) ਨੇੜੇ ਐਸ.ਵਾਈ.ਐਲ. ਨਹਿਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ। ਲਾਸ਼ ਨੂੰ ਨਹਿਰ ਵਿੱਚੋਂ ਕੱਢ ਕੇ ਸ਼ਨਾਖਤ ਲਈ ਹਸਪਤਾਲ ਵਿੱਚ ਰੱਖਿਆ ਗਿਆ। ਮ੍ਰਿਤਕ ਦੇ ਸਰੀਰ ‘ਤੇ ਬਣੇ ਟੈਟੂਆਂ ਦੇ ਆਧਾਰ ‘ਤੇ ਉਸ ਦੀ ਤਸਵੀਰ ਪਛਾਣ ਲਈ ਸੋਸ਼ਲ ਮੀਡੀਆ ‘ਤੇ ਵੀ ਸਾਂਝੀ ਕੀਤੀ ਗਈ ਸੀ।
ਐੱਸ.ਐੱਸ.ਪੀ. ਨੇ ਦੱਸਿਆ ਕਿ 30 ਜੁਲਾਈ ਨੂੰ ਮ੍ਰਿਤਕ ਦੀ ਪਤਨੀ ਨੀਰੂ ਬਾਲਾ ਨੇ ਲਾਸ਼ ਦੀ ਪਛਾਣ ਆਪਣੇ ਪਤੀ ਬਲਵਿੰਦਰ ਪਾਲ, ਵਾਸੀ ਪਿੰਡ ਬਿਲਗਾ (ਮੌਜੂਦਾ ਵਾਸੀ ਦੁਬੇਟਾ, ਨੰਗਲ) ਵਜੋਂ ਕੀਤੀ। ਇਸ ਤੋਂ ਬਾਅਦ ਉਸ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਨੰਗਲ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਸਬੰਧਤ ਧਾਰਾਵਾਂ ਤਹਿਤ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਗੁਰਦੀਪ ਸਿੰਘ ਗੋਸਲ ਅਤੇ ਉਪ ਕਪਤਾਨ ਪੁਲਿਸ ਨੰਗਲ ਨਵੀਨਪਾਲ ਸਿੰਘ ਲਹਿਲ ਦੀ ਨਿਗਰਾਨੀ ਹੇਠ ਇੰਸਪੈਕਟਰ ਦਾਨਿਸ਼ਵੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਵਿਗਿਆਨਕ ਤਰੀਕਿਆਂ ਅਤੇ ਗੁਪਤ ਸੂਚਨਾ ਦੇ ਆਧਾਰ ‘ਤੇ ਅਮੀਤੋਜ ਉਰਫ਼ ਤੋਜੀ, ਅਮਰਜੀਤ ਉਰਫ਼ ਜੱਜ ਅਤੇ ਗੌਰਵ ਉਰਫ਼ ਗੋਰੀ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਕਿ ਮ੍ਰਿਤਕ ਬਲਵਿੰਦਰ ਪਾਲ ਦੋਸ਼ੀਆਂ ਨਾਲ ਅਕਸਰ ਰਹਿੰਦਾ ਸੀ। ਦੋਸ਼ੀ ਅਮਰਜੀਤ ਉਰਫ਼ ਜੱਜ ਦਾ ਉਸ ਨਾਲ ਪਹਿਲਾਂ ਵੀ ਝਗੜਾ ਹੁੰਦਾ ਰਹਿੰਦਾ ਸੀ ਅਤੇ ਉਹ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਇਸੇ ਰੰਜਿਸ਼ ਦੇ ਚਲਦਿਆਂ 28 ਜੁਲਾਈ ਨੂੰ ਕਥਿਤ ਤੌਰ ‘ਤੇ ਮ੍ਰਿਤਕ ਨੂੰ ਵੱਧ ਨਸ਼ਾ ਕਰਵਾ ਕੇ ਉਸ ਦੀ ਹੱਤਿਆ ਕੀਤੀ ਗਈ ਅਤੇ ਸਬੂਤ ਮਿਟਾਉਣ ਦੀ ਨੀਅਤ ਨਾਲ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ।
ਐੱਸ.ਐੱਸ.ਪੀ. ਨੇ ਦੱਸਿਆ ਕਿ ਤਿੰਨਾਂ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹਨ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।
ਦੋ ਵਿਅਕਤੀਆਂ ਕੋਲੋਂ 7 ਨਾਜਾਇਜ਼ ਪਿਸਤੌਲ ਬਰਾਮਦ
ਐੱਸ.ਐੱਸ.ਪੀ. ਨੇ ਇੱਕ ਹੋਰ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਕਪਤਾਨ ਪੁਲਿਸ (ਡਿਟੈਕਟਿਵ) ਰਾਜਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਭੈੜੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਨੇ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਮਦਨਪੁਰਾ (ਜ਼ਿਲ੍ਹਾ ਸੋਲਨ, ਹਿਮਾਚਲ ਪ੍ਰਦੇਸ਼) ਅਤੇ ਉਸ ਦੇ ਸਾਥੀ ਰਮਨ ਉਰਫ਼ ਖਾਨ ਵਾਸੀ ਸੈਣੀ ਮਾਜਰਾ ਨੂੰ ਇੱਕ ਚਿੱਟੀ ਬਰੀਜ਼ਾ ਕਾਰ ਵਿੱਚ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 7 ਨਾਜਾਇਜ਼ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ, ਜਿਸ ਸਬੰਧੀ ਥਾਣਾ ਸਿਟੀ ਰੂਪਨਗਰ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਐੱਸ.ਐੱਸ.ਪੀ. ਨੇ ਕਿਹਾ ਕਿ ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੇ ਪਿਛਲੇ ਅਤੇ ਅੱਗੇ ਦੇ ਅਪਰਾਧਿਕ ਨੈੱਟਵਰਕ, ਹਥਿਆਰਾਂ ਦੀ ਸਪਲਾਈ ਅਤੇ ਹੋਰ ਸੰਭਾਵਿਤ ਸਾਥੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋਣਗੇ।