ਪੰਜਾਬ ਪੁਲਿਸ ਨੇ ਫਾਰਮੇਸੀ ਪ੍ਰੀਖਿਆ ਨਕਲ ਰੈਕੇਟ ਦਾ ਕੀਤਾ ਪਰਦਾਫਾਸ਼, ਹਰਿਆਣਾ ਅਧਾਰਤ ਗਿਰੋਹ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀਐਫਯੂਐਚਐਸ), ਫ਼ਰੀਦਕੋਟ ਦੀ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪੇਪਰ ਲੀਕ ਦਾ ਨਹੀਂ, ਸਗੋਂ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਚਲਾਏ ਜਾ ਰਹੇ ਇੱਕ ਸੰਗਠਿਤ ਨਕਲ ਰੈਕੇਟ ਦਾ ਮਾਮਲਾ ਹੈ।
ਪੇਡਾ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗਿਰੋਹ ਦਾ ਮਾਸਟਰਮਾਈਂਡ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ ਅਤੇ ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਗਰਮ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵੇਗੀ ਅਤੇ ਨਕਲ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਈ ਹੋਈ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਸੁਧਾਰਾਂ ਦੇ ਨਤੀਜੇ ਵਜੋਂ ਜੇਈਈ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਲਗਾਤਾਰ ਸੁਧਾਰ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਹੋਰ ਮਜ਼ਬੂਤ ਕਰਨ ਲਈ ਬਲਾਕਚੇਨ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਦੀ ਸੰਭਾਵਨਾ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਆਈਜੀਪੀ ਨੀਲਾਂਬਰੀ ਜਗਦਲੇ ਨੇ ਸਪੱਸ਼ਟ ਕੀਤਾ ਕਿ ਇਹ ਪੇਪਰ ਲੀਕ ਦਾ ਮਾਮਲਾ ਨਹੀਂ ਹੈ, ਬਲਕਿ ਇੱਕ ਸੰਗਠਿਤ, ਤਕਨਾਲੋਜੀ-ਅਧਾਰਤ ਨਕਲ ਰੈਕੇਟ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 10 ਹੈਂਡਲਰ ਅਤੇ ਨਕਲ ਦੇ ਦੋਸ਼ ਹੇਠ 25 ਉਮੀਦਵਾਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ ਕੁੱਲ 13 ਹੈਂਡਲਰਾਂ ਦੀ ਪਛਾਣ ਹੋ ਚੁੱਕੀ ਹੈ।
ਪੁਲਿਸ ਅਨੁਸਾਰ ਛਾਪੇਮਾਰੀ ਦੌਰਾਨ 38 ਮੋਡੀਫਾਈਡ ਮੋਬਾਈਲ ਫੋਨ, 21 ਲੁਕੇ ਹੋਏ ਵਾਇਰਲੈੱਸ ਈਅਰਪੀਸ ਅਤੇ ਦੋ ਵਾਹਨ ਬਰਾਮਦ ਕੀਤੇ ਗਏ ਹਨ। ਜਾਂਚ ਵਿੱਚ ਹੁਣ ਤੱਕ ਕਿਸੇ ਵੀ ਪ੍ਰੀਖਿਆ ਕੇਂਦਰ ਦੇ ਅਧਿਕਾਰੀ, ਕਰਮਚਾਰੀ ਜਾਂ ਸੁਪਰਵਾਈਜ਼ਰ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ।
ਆਈਜੀਪੀ ਨੇ ਦੱਸਿਆ ਕਿ ਤਿੰਨ ਹੈਂਡਲਰ ਅਤੇ ਚਾਰ ਉਮੀਦਵਾਰ ਅਜੇ ਵੀ ਫ਼ਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।