ਮੀਰੀ-ਪੀਰੀ ਖਾਲਸਾ ਮਾਰਚ ਬਾਰੇ ‘ਆਪ’ ਵਿਧਾਇਕ ਦੀ ਟਿੱਪਣੀ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸਿੱਖ ਸੰਸਥਾਵਾਂ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੰਦੇਸ਼
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮਾਰਚ

ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ, 2 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਮੀਰੀ-ਪੀਰੀ ਖਾਲਸਾ ਮਾਰਚ ਬਾਰੇ ਦਿੱਤਾ ਗਿਆ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ ਕਰਨ ਦੇ ਨਾਲ-ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।
ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਰਚ ਦਾ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਕੌਮੀ ਏਕਤਾ, ਪੰਥਕ ਚੇਤਨਾ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਮਾਰਚ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਕੀਤੀ ਗਈ ਟਿੱਪਣੀ ਈਰਖਾ ਤੋਂ ਪ੍ਰੇਰਿਤ ਪ੍ਰਤੀਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਕੋਈ ਸਿਆਸੀ ਰੋਡ ਸ਼ੋਅ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ ਧਾਰਮਿਕ ਮਾਰਚ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਅਤੇ ਪੰਥਕ ਪਰੰਪਰਾਵਾਂ ਬਾਰੇ ਬੋਲਦਿਆਂ ਹਰ ਵਿਅਕਤੀ ਨੂੰ ਪੂਰੀ ਜਾਣਕਾਰੀ, ਸੰਯਮ ਅਤੇ ਸਤਿਕਾਰ ਨਾਲ ਗੱਲ ਕਰਨੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਰੰਪਰਾ ਨੂੰ ਸਮਰਪਿਤ ਇਹ ਮਾਰਚ ਗੁਰਮਤਿ ਮਰਿਆਦਾ ਅਨੁਸਾਰ ਚੱਲ ਰਿਹਾ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸਿੱਖ ਸੰਸਥਾਵਾਂ ਵਿਰੁੱਧ ਹੋ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਗੋਲਕਾਂ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਹਨ ਅਤੇ ਕੁਦਰਤੀ ਆਫ਼ਤਾਂ ਸਮੇਂ ਵੀ ਗੁਰਦੁਆਰਾ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਸੇਵਾ ਨਿਭਾਈ ਜਾਂਦੀ ਰਹੀ ਹੈ।
ਉਨ੍ਹਾਂ ਨੇ ਹਾਲੀਆ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਪ੍ਰਤੀ ਵਫ਼ਾਦਾਰ ਰਹਿਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ, ਜਦਕਿ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਮੀਰੀ-ਪੀਰੀ ਖਾਲਸਾ ਮਾਰਚ ਦੇ ਮਕਸਦ ਅਤੇ ਸਿੱਖ ਸਿਧਾਂਤਾਂ ਬਾਰੇ ਵਿਚਾਰ ਸਾਂਝੇ ਕੀਤੇ।
ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਰਸਤੇ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਨੇ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ।
ਅੱਜ ਰਾਤ ਮੀਰੀ-ਪੀਰੀ ਖਾਲਸਾ ਮਾਰਚ ਦਾ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਥੇਹੜੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗਾ, ਜਿੱਥੋਂ ਇਹ ਮਾਰਚ ਭਲਕੇ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਅਕਾਲੀ ਆਗੂਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।