ਪੰਥਕ ਮਾਮਲਿਆਂ ਵਿੱਚ ਦਖ਼ਲ ਬਰਦਾਸ਼ਤ ਨਹੀਂ, ਲੋੜ ਪਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਬੋਲੇਗਾ, ਸੱਦੇਗਾ ਤੇ ਕਾਰਵਾਈ ਵੀ ਕਰੇਗਾ: ਗਿਆਨੀ ਕੁਲਦੀਪ ਸਿੰਘ ਗੜਗੱਜ
- ਗੁਰੂ ਦੀ ਸੰਗਤ ਦੀ ਸਿਆਸੀ ਇਕੱਠਾਂ ਨਾਲ ਤੁਲਨਾ ਗੁਰਮਤਿ ਸਿਧਾਂਤਾਂ ਦਾ ਅਪਮਾਨ: ਜਥੇਦਾਰ
- ਮੀਰੀ-ਪੀਰੀ ਖਾਲਸਾ ਮਾਰਚ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ
- ਪੰਥਕ ਪਰੰਪਰਾਵਾਂ ਖ਼ਿਲਾਫ਼ ਸੋਚ ਪ੍ਰਤੀ ਖਾਲਸੇ ਨੂੰ ਸੁਚੇਤ ਰਹਿਣ ਦੀ ਲੋੜ: ਐਡਵੋਕੇਟ ਧਾਮੀ
ਬਠਿੰਡਾ/ਅੰਮ੍ਰਿਤਸਰ, 4 ਅਗਸਤ:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਜੇਕਰ ਕੋਈ ਪੰਥਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਪਰੰਪਰਾ ਅਤੇ ਜ਼ਿੰਮੇਵਾਰੀ ਅਨੁਸਾਰ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਆਪਣੇ ਵਾਅਦਿਆਂ ਤੋਂ ਮੁਕਰਨਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ।
ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਦੀ ਸੰਗਤ ਸਿੱਖ ਧਰਮ ਦਾ ਪਾਵਨ ਅਤੇ ਰੂਹਾਨੀ ਸੰਕਲਪ ਹੈ। ਇਸ ਦੀ ਤੁਲਨਾ ਕਿਸੇ ਵੀ ਸਿਆਸੀ ਪਾਰਟੀ ਦੇ ਇਕੱਠ ਜਾਂ ਸਮਰਥਕਾਂ ਨਾਲ ਕਰਨਾ ਗੁਰਮਤਿ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਕੁਝ ਸਮੇਂ ਤੋਂ ਸਿਆਸੀ ਲੋਕ ਪੰਥਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਰਹੇ ਹਨ ਅਤੇ ਹੁਣ ਗੁਰੂ ਦੀ ਸੰਗਤ ਵਰਗੇ ਪਵਿੱਤਰ ਸ਼ਬਦ ਨੂੰ ਵੀ ਸਿਆਸੀ ਮਕਸਦਾਂ ਲਈ ਵਰਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਹਰ ਸੰਸਥਾ ਅਤੇ ਅਹੁਦੇ ਦੀ ਆਪਣੀ ਮਰਯਾਦਾ ਹੈ। ਸਿਆਸੀ ਆਗੂ ਆਪਣੇ ਸੰਵਿਧਾਨਕ ਫ਼ਰਜ਼ ਨਿਭਾਉਣ, ਜਦਕਿ ਪੰਥ ਦੀ ਅਗਵਾਈ ਅਤੇ ਪੰਥਕ ਫ਼ੈਸਲਿਆਂ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ।
ਬੇਅਦਬੀ ਨਾਲ ਸਬੰਧਤ ਕਾਨੂੰਨ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਪੰਥ ਦਾ ਸਪੱਸ਼ਟ ਮਤ ਹੈ ਕਿ ਜਿਨ੍ਹਾਂ ਇਤਰਾਜ਼ਯੋਗ ਮਦਾਂ ਅਤੇ ਸੋਧਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ, ਉਹ ਪਹਿਲਾਂ ਹਟਾਈਆਂ ਜਾਣ। ਜਦ ਤੱਕ ਅਜਿਹਾ ਨਹੀਂ ਹੁੰਦਾ, ਇਹ ਕਾਨੂੰਨ ਸਿੱਖ ਕੌਮ ਲਈ ਪ੍ਰਵਾਨਯੋਗ ਨਹੀਂ ਹੋਵੇਗਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਹਾਲ ਹੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਗਰ ਕੀਰਤਨ ਅਤੇ ਹੋਰ ਪੰਥਕ ਪਰੰਪਰਾਵਾਂ ਬਾਰੇ ਕੀਤੀਆਂ ਟਿੱਪਣੀਆਂ ਵੀ ਉਸੇ ਸੋਚ ਦਾ ਹਿੱਸਾ ਹਨ, ਜੋ ਪਹਿਲਾਂ ਗੁਰੂ ਘਰ ਦੀਆਂ ਪਵਿੱਤਰ ਨਿਸ਼ਾਨੀਆਂ ਅਤੇ ਇਤਿਹਾਸਕ ਅਸਥਾਨਾਂ ਪ੍ਰਤੀ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੀ ਸੋਚ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਮਰਯਾਦਾ ਅਤੇ ਸਤਿਕਾਰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇ। ਜੇ ਕਿਸੇ ਘਰ ਵਿੱਚ ਮਰਯਾਦਾ ਅਨੁਸਾਰ ਸੇਵਾ ਸੰਭਵ ਨਾ ਹੋਵੇ ਤਾਂ ਪਾਵਨ ਸਰੂਪ ਨੂੰ ਆਦਰ ਸਹਿਤ ਗੁਰਦੁਆਰਾ ਸਾਹਿਬ ਵਿਖੇ ਸੁਪੁਰਦ ਕਰਨਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ “ਸੰਗਤ” ਸਿੱਖ ਧਰਮ ਦਾ ਪਵਿੱਤਰ ਸੰਕਲਪ ਹੈ ਅਤੇ ਇਸ ਸ਼ਬਦ ਨੂੰ ਰਾਜਨੀਤਿਕ ਇਕੱਠਾਂ ਲਈ ਵਰਤਣਾ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਪੰਥਕ ਫ਼ੈਸਲਿਆਂ ਦਾ ਅਧਿਕਾਰ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ ਅਤੇ ਇਸ ਵਿੱਚ ਰਾਜਨੀਤਿਕ ਦਖ਼ਲ ਪੰਥ ਦੀ ਸੁਤੰਤਰਤਾ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕੌਮ ਨੂੰ ਅਜਿਹੀ ਸੋਚ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਹਾਜੀਰਤਨ ਸਾਹਿਬ, ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਅਰਦਾਸ ਉਪਰੰਤ ਰਵਾਨਾ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਕਥਾ-ਵਿਚਾਰ ਕੀਤੀ, ਜਦਕਿ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਅਤੇ ਗਿਆਨੀ ਕੇਵਲ ਸਿੰਘ ਨੇ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ।
ਮਾਰਚ ਦੌਰਾਨ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਭਾਰੀ ਮੀਂਹ ਅਤੇ ਖੜ੍ਹੇ ਪਾਣੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਦੇ ਮੈਂਬਰ, ਧਾਰਮਿਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
